ਹੁਣੇ ਆਈ ਤਾਜਾ ਵੱਡੀ ਖਬਰ
ਅੰਮ੍ਰਿਤਸਰ (ਦਲਜੀਤ) : ਕੋਰੋਨਾ ਵਾਇਰਸ ਦੀ ਦਹਿਸ਼ਤ ‘ਚ ਪੰਜਾਬ ਵਾਸੀਆਂ ਲਈ ਰਾਹਤ ਭਰੀ ਖਬਰ ਹੈ। ਨਵਾਂਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਹੋਰ 37 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਨਾਲ ਜਿੱਥੇ ਸੰਬੰਧਤ ਲੋਕਾਂ ਨੂੰ ਰਾਹਤ ਮਿਲੀ ਹੈ, ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਵੀ ਕੁਝ ਹੱਦ ਤਕ ਸੁੱਖ ਦਾ ਸਾਹ ਲਿਆ ਹੈ। ਇਸ ਤੋਂ ਪਹਿਲਾਂ 28 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ‘ਚ ਇਨ੍ਹਾਂ ਲੋਕਾਂ ਦੇ ਟੈਸਟ ਹੋਏ ਸਨ। ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਨਾਲ ਨਵਾਂਸ਼ਹਿਰ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ, ਬਲਦੇਵ ਸਿੰਘ ਦੇ ਸੰਪਰਕ ਵਿਚ ਆਉਣ ਵਾਲੇ ਕਈ ਲੋਕ ਜਿੱਥੇ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਗਏ ਸਨ, ਉਥੇ ਹੀ ਬਲਦੇਵ ਸਿੰਘ ਦੇ ਸਾਥੀ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਵੀ ਬੀਤੇ ਦਿਨੀਂ ਕੋਰੋਨਾ ਕਾਰਨ ਮੌਤ ਹੋ ਗਈ ਸੀ।
ਇਸ ਦਰਮਿਆਨ ਮੈਡੀਕਲ ਕਾਲਜ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਨਵਾਂਸ਼ਹਿਰ ਦੇ 65 ਲੋਕਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿਚੋਂ ਸਭ ਤੋਂ ਪਹਿਲਾਂ 28 ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਬਾਕੀ 37 ਲੋਕਾਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ।
ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾਕਟਰ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਅਧੀਨ ਚੱਲਣ ਵਾਲੀ ਲੈਬੋਰਟਰੀ ਦੀ ਸਮਰੱਥਾ ਵਧਾ ਦਿੱਤੀ ਗਈ ਹੈ, ਅੰਮ੍ਰਿਤਸਰ ਤੋਂ ਇਲਾਵਾ ਹੋਰ ਜ਼ਿਲਿਆਂ ਤੋਂ ਆਉਣ ਵਾਲੇ ਕੋਰੋਨਾ ਵਾਇਰਸ ਨਾਲ ਸੰਬੰਧਤ ਟੈਸਟ ਲੈਬੋਰਟਰੀ ‘ਚ ਕੀਤੇ ਜਾ ਰਹੇ ਹਨ, ਲੈਬੋਰਟਰੀ ਦਾ ਸਾਰਾ ਸਟਾਫ ਲਗਨ ਅਤੇ ਮਿਹਨਤ ਨਾਲ ਕੰਮ ਕਰ ਰਿਹਾ ਹੈ।